ਅੰਮ੍ਰਿਤਸਰ ਸੁਧਾਰ ਟਰੱਸਟ ਘੁਟਾਲਾ : ਕੈਪਟਨ ਅਮਰਿੰਦਰ ਸਿੰਗ ਅਦਾਲਤ ਵਿੱਚ ਪੇਸ਼ ਨਾ ਹੋਏ

0
937

Capt-Amarinder-Singh-2-19

ਐਨ ਐਨ ਬੀ

ਮੁਹਾਲੀ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਜਗਜੀਤ ਸਿੰਘ ਸਮੇਤ ਹੋਰਨਾਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਮਾਮਲੇ ਦੀ ਅਗਲੀ ਸੁਣਵਾਈ ਜ਼ਿਲ੍ਹਾ ਅਦਾਲਤ ਨੇ 19 ਨਵੰਬਰ ’ਤੇ ਅੱਗੇ ਪਾ ਦਿੱਤੀ ਹੈ। ਇਸ ਸਬੰਧੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਸੀਨੀਅਰ ਡਿਵੀਜ਼ਨ) ਪਰਮਿੰਦਰਪਾਲ ਸਿੰਘ ਦੀ ਅਦਾਲਤ ’ਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਕਾਰਵਾਈ ਚੱਲ ਰਹੀ ਹੈ। ਕੇਸ ਦੀ ਸੁਣਵਾਈ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਗੁਰਚਰਨ ਸਿੰਘ ਖਾਰਾ, ਬਲਜੀਤ ਸਿੰਘ ਤੇ ਵਿੱਕੀ ਸ਼ਰਮਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜ਼ਿਕਰਯੋਗ ਹੈ ਕਿ ਮੁਲਜ਼ਮ ਖਾਰਾ ਧੋਖਾਧੜੀ ਦੇ ਮਾਮਲੇ ਵਿੱਚ ਦਿੱਲੀ ਜੇਲ੍ਹ ਵਿੱਚ ਹਨ। ਬਾਕੀ ਨਾਮਜ਼ਦ ਮੁਲਜ਼ਮ ਚੌਧਰੀ ਜਗਜੀਤ ਸਿੰਘ, ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਕੱਤਰ ਨਛੱਤਰ ਸਿੰਘ ਮਾਵੀ, ਸਾਬਕਾ ਸੰਯੁਕਤ ਸਕੱਤਰ ਤਾਰਾ ਸਿੰਘ, ਪੁੱਡਾ ਦੇ ਤਤਕਾਲੀ ਜ਼ਿਲ੍ਹਾ ਯੋਜਨਾਕਾਰ ਕ੍ਰਿਸ਼ਨ ਕੁਮਾਰ ਕੌਲ, ਰਜਿੰਦਰ ਸ਼ਰਮਾ, ਅਸ਼ਵਨੀ ਕਾਲੇ ਸ਼ਾਹ, ਸੁਭਾਸ਼ ਚੰਦ ਰੋਹਿਤ ਸ਼ਰਮਾ, ਰਾਜੀਵ ਭਗਤ, ਮਹੇਸ਼ ਖੰਨਾ, ਦਲਜੀਤ ਸਿੰਘ, ਪਰਮਿੰਦਰ ਸਿੰਘ ਤੁੰਗ ਅਦਾਲਤ ਵਿੱਚ ਪੇਸ਼ ਹੋਏ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਕੀਲ ਰਮਦੀਪ ਪ੍ਰਤਾਪ ਸਿੰਘ ਤੇ ਐਚਐਸ ਪਨੂੰ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ। ਕੈਪਟਨ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਹੈ। ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਪ੍ਰਵਾਨ ਕਰ ਲਈ।
ਕੇਸ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਤੇ ਬਚਾਅ ਪੱਖ ਦੇ ਵਕੀਲਾਂ ’ਚ ਕੈਪਟਨ ਸਣੇ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਬਹਿਸ ਹੋਈ।