ਇਨੈਲੋ ਦਾ ਸਾਥ ਦੇਣ ਕਰਕੇ ਅਕਾਲੀ ਭਾਜਪਾ ਸਾਹਮਣੇ ਨਿਤਾਣੇ ਬਣੇ
ਐਨ ਐਨ ਬੀ
ਚੰਡੀਗੜ੍ਹ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਹਾਲ ਦੀ ਘੜੀ ਕਿਸੇ ਵਾਦ-ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦੀ। ਲਿਹਾਜ਼ਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਭਵਿੱਖ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਹੀ ਨਿਰਭਰ ਕਰੇਗਾ। ਹਰਿਆਣਾ ਸਰਕਾਰ ਦੇ ਇਸ ਰੁਖ਼ ਨਾਲ ਪੰਜਾਬ ’ਚ ਭਾਜਪਾ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਕਸੂਤੀ ਸਥਿਤੀ ਬਣ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਹੱਕ ਵਿੱਚ ਡਟ ਕੇ ਪ੍ਰਚਾਰ ਮੁਹਿੰਮ ਚਲਾਈ ਸੀ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਨੈਲੋ ਦੇ ਸਟਾਰ ਪ੍ਰਚਾਰਕ ਸਨ ਤੇ ਇਨੈਲੋ ਨੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਇਨੈਲੋ ਸਰਕਾਰ ਬਨਣ ਦੀ ਸਥਿਤੀ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਤਮ ਕਰ ਦਿੱਤੀ ਜਾਵੇਗੀ, ਪਰ ਹਰਿਆਣਾ ਵਿੱਚ ਇਨੈਲੋ ਦੀ ਸਰਕਾਰ ਬਣਨੀ ਤਾਂ ਦੂਰ, ਇਸ ਦੀਆਂ ਵਿਧਾਨ ਸਭਾ ਵਿੱਚ ਸੀਟਾਂ ਪਿਛਲੀ ਵਾਰ ਨਾਲੋਂ ਵੀ ਘਟ ਗਈਆਂ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨੈਲੋ ਦੇ ਹੱਕ ਵਿੱਚ ਨਿਤਰਣ ਕਰਕੇ ਭਾਜਪਾ ਆਗੂ ਔਖੇ ਸਨ ਤੇ ਉਨ੍ਹਾਂ ਚੋਣਾਂ ਦੌਰਾਨ ਮੁੱਖ ਮੰਤਰੀ ਬਾਦਲ ਖ਼ਿਲਾਫ਼ ਭੜਾਸ ਕੱਢਦਿਆਂ ਚੇਤਾਵਨੀ ਦਿੱਤੀ ਸੀ ਕਿ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਾਰੇ 117 ਵਿਧਾਨ ਸਭਾ ਹਲਕਿਆਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਕ੍ਰਿਕਟ ਤੋਂ ਸਿਆਸਤ ਵਿੱਚ ਆਏ ਨਵਜੋਤ ਸਿੱਧੂ ਨੇ ਬਾਦਲ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਸਨ। ਇਸ ਸਥਿਤੀ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਅਜਿਹਾ ਕੋਈ ਕਦਮ ਨਹੀਂ ਚੁੱਕੇਗੀ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੁੰਦੀ ਹੋਵੇ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਜਪਾ ਨੇ ਪੰਜਾਬ ਵਿੱਚ ਆਪਣੇ ਦਮ ’ਤੇ ਚੋਣਾਂ ਲੜਨ ਲਈ ਸਰਗਰਮੀ ਸ਼ੁਰੂ ਕਰ ਦਿੱਤੀ ਹੈ, ਪਰ ਇਹ ਸੱਚਮੁਚ ਲੜੀਆਂ ਜਾਣਗੀਆਂ ਜਾਂ ਨਹੀਂ, ਇਸ ਬਾਰੇ ਸ਼ੰਕੇ ਦੀ ਸਥਿਤੀ ਬਣੀ ਹੋਈ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ’ਤੇ ਸੀਨੀਅਰ ਕੈਬਨਿਟ ਮੰਤਰੀ ਅਨਿਲ ਵਿਜ ਨਾਲ ਸੰਪਰਕ ਕਰਕੇ ਭਾਜਪਾ ਸਰਕਾਰ ਦਾ ਪੱਖ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦੀ। ਹੁੱਡਾ ਸਰਕਾਰ ਵੱਲੋਂ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਦੇ ਪਾਸ ਕੀਤੇ ਬਿਲ ਨੂੰ ਰੱਦ ਕਰਨ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕੋਈ ਕਦਮ ਨਹੀਂ ਚੁੱਕੇਗੀ। ਉਂਜ ਵੱਖਰੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੇ ਇਕ ਦਿਨ ਪਹਿਲਾਂ ਮੀਟਿੰਗ ਕਰਕੇ ਮੁੱਖ ਮੰਤਰੀ ਖੱਟਰ ਨੂੰ ਵਧਾਈ ਦਿੱਤੀ ਹੈ ਤੇ ਉਨ੍ਹਾਂ ਨੂੰ ਜਲਦੀ ਮਿਲਣ ਲਈ ਪੱਤਰ ਭੇਜਿਆ ਹੈ ਤੇ ਕਮੇਟੀ ਦਾ ਸੀਨੀਅਰ ਆਗੂ ਭਾਜਪਾ ਦੇ ਇਕ ਮੰਤਰੀ ਨੂੰ ਮਿਲ ਚੁੱਕਾ ਹੈ।
ਮੰਤਰੀ ਮੰਡਲ ’ਚ ਨੁਮਾਇੰਦਗੀ ਨਾ ਮਿਲਣ ਤੋਂ ਸਿੱਖ ਨਾਖ਼ੁਸ਼
ਹਰਿਆਣਾ ਦੀ ਖੱਟਰ ਸਰਕਾਰ ਵਿੱਚ ਕਿਸੇ ਸਿੱਖ ਨੂੰ ਨੁਮਾਇੰਦਗੀ ਨਾ ਦੇਣ ਤੋਂ ਸੂਬੇ ਦੇ ਸਿੱਖ ਨਾਖੁਸ਼ ਹਨ। ਕਰਨਾਲ ਜ਼ਿਲ੍ਹੇ ਦੇ ਅਸੰਧ ਹਲਕੇ ਤੋਂ ਚੁਣੇ ਗਏ ਭਾਜਪਾ ਦੇ ਇਕਲੌਤੇ ਸਿੱਖ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਨੂੰ ਵਜ਼ਾਰਤ ਵਿੱਚ ਸ਼ਾਮਲ ਕੀਤੇ ਜਾਣ ਦੀ ਆਸ ਸੀ, ਪਰ ਵਜ਼ਾਰਤ ਦਾ ਆਕਾਰ ਛੋਟਾ ਰੱਖਣ ਕਰਕੇ ਉਨ੍ਹਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ਸਿਲਸਿਲੇ ਵਿੱਚ ਉਹ ਖ਼ੁਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਮਿਲ ਚੁੱਕੇ ਹਨ।