ਪੰਜਾਬ ਲਈ ਸ਼ਹੀਦ ਹੋਏ ਦਰਸ਼ਨ ਸਿੰਘ ਫੇਰੂਮਾਨ ਦੇ ਸ਼ਰਧਾਂਜਲੀ ਸਮਾਗਮ ਵਿੱਚ ਐਲਾਨ
ਐਨ ਐਨ ਬੀ
ਰਈਆ – ਪੰਜਾਬ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਵੱਲੋਂ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ ਸਬੰਧੀ ਖ਼ਾਮੋਸ਼ ਚਲੇ ਆ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਚੁੱਪ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗਾ। ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੀ 45ਵੀਂ ਬਰਸੀ ਮੌਕੇ ਹੋਏ ਸਮਾਗਮ ਵਿੱਚ ਪੁੱਜੇ ਬਾਦਲ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨਾਲ ਹਰੇਕ ਪੰਜਾਬੀ ਭਾਵਨਾਤਮਕ ਤੌਰ ’ਤੇ ਜੁੜਿਆ ਹੋਇਆ ਹੈ ਪਰ ਕੇਂਦਰ ਦੀਆਂ ਕਾਂਗਰਸ ਸਰਕਾਰਾਂ ਦੇ ਪੱਖਪਾਤੀ ਰਵੱਈਏ ਕਾਰਨ ਇਨ੍ਹਾਂ ਦਾ ਹੁਣ ਤੱਕ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲਦੇ ਇਲਾਕੇ, ਦਰਿਆਈ ਪਾਣੀਆਂ ਦਾ ਜਾਇਜ਼ ਹਿੱਸਾ ਅਤੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੇ ਮੁੱਦਿਆਂ ’ਤੇ ਅਕਾਲੀ ਦਲ ਹਮੇਸ਼ਾ ਸੰਘਰਸ਼ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ।
ਸ਼ਹੀਦ ਫੇਰੂਮਾਨ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਧਰਤੀ ਦੇ ਸੱਚੇ ਸਪੂਤ ਸਨ, ਜਿਨ੍ਹਾਂ ਪੰਜਾਬੀ ਬੋਲਦੇ ਇਲਾਕੇ ਰਾਜ ਨੂੰ ਦਿਵਾਉਣ ਲਈ ਆਪਣੀ ਸਾਰੀ ਜ਼ਿੰਦਗੀ ਲੇਖੇ ਲਾ ਦਿੱਤੀ, ਪਰ ਉਹ ਮੰਗਾਂ ਜਿਉਂ ਦੀਆਂ ਤਿਉਂ ਖੜੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੀ ਵੰਡ ਵੇਲੇ ਸੂਬੇ ਨੂੰ ਰਾਜਧਾਨੀ ਨਾ ਦੇ ਕੇ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਨਾ ਕਰ ਕੇ ਵੱਡਾ ਧ੍ਰੋਹ ਕੀਤਾ ਸੀ।
ਅਕਾਲੀ ਦਲ ਨੇ ਇਨ੍ਹਾਂ ਹੱਕੀ ਮੰਗਾਂ ਲਈ ਮੋਰਚਾ ਲਾਇਆ, ਜਿਸ ਵਿੱਚ 74 ਦਿਨ ਦੀ ਭੁੱਖ ਹੜਤਾਲ ਮਗਰੋਂ ਫੇਰੂਮਾਨ ਸ਼ਹੀਦ ਹੋ ਗਏ। ਇਸ ਮਗਰੋਂ ਚੱਲੇ ਸੰਘਰਸ਼ ਵਿੱਚ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਹਰਚੰਦ ਸਿੰਘ ਲੌਂਗੋਵਾਲ ਨਾਲ ਸਮਝੌਤਾ ਕਰ ਕੇ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣੇ ਮੰਨ ਲਏ ਸਨ ਪਰ ਸਰਕਾਰ ਰਾਤੋ-ਰਾਤ ਮੁੱਕਰ ਗਈ।