ਐਨ ਐਨ ਬੀ
ਲੁਧਿਆਣਾ – ਜਮਾਲਪੁਰ ਕਾਂਡ ਖ਼ਿਲਾਫ਼ ਸੰਘਰਸ਼ ਲਈ ਬਣੀ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਗਠਿਤ ਐਸ.ਆਈ.ਟੀ. ਨੂੰ ਰੱਦ ਕਰ ਦਿੱਤਾ ਹੈ। ਕਮੇਟੀ ਦਾ ਮੰਨਣਾ ਹੈ ਕਿ ਇਸ ਕੇਸ ਵਿੱਚ ਪੁਲੀਸ ਕਰਮਚਾਰੀ ਹੀ ਮੁਲਜ਼ਮ ਹਨ। ਇਸ ਲਈ ਪੰਜਾਬ ਪੁਲੀਸ ਨਿਰਪੱਖ ਜਾਂਚ ਨਹੀਂ ਕਰ ਸਕਦੀ। ਉਨ੍ਹਾਂ ਮੰਗ ਕੀਤੀ ਕਿ ਕੇਸ ਦੀ ਜਾਂਚ ਸੀ ਬੀ ਆਈ ਤੋਂ ਕਰਵਾਈ ਜਾਵੇ। ਐਕਸ਼ਨ ਕਮੇਟੀ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਲਈ ਸਾਰੇ ਰਾਜਨੀਤਕ ਦਲਾਂ ਨੂੰ ਸਿਆਸਤ ਤੋਂ ਉਪਰ ਉਠ ਕੇ ਇੱਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ।
ਲੁਧਿਆਣਾ ਪੁਲੀਸ ਕਮਿਸ਼ਨਰੇਟ ਵਿੱਚ ਏ.ਡੀ.ਸੀ.ਪੀ.-3 ਪਰਮਜੀਤ ਸਿੰਘ ਪਤਰੂ ਨਾਲ ਮੁਲਾਕਾਤ ਕਰਨ ਮਗਰੋਂ ਐਕਸ਼ਨ ਕਮੇਟੀ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲੀਸ ਤੋਂ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਹਾਲੇ ਤੱਕ ਮੁਲਜ਼ਮ ਹੌਲਦਾਰ ਸੁਖਬੀਰ ਨੂੰ ਪੁਲੀਸ ਕਾਬੂ ਨਹੀਂ ਕਰ ਸਕੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਝੂਠਾ ਮੁਕਾਬਲਾ ਬਣਾ ਕੇ ਭਰਾਵਾਂ ਦਾ ਕਤਲ ਕਰ ਦਿੱਤਾ। ਪੰਜਾਬ ਵਿੱਚ ਇਸ ਤੋਂ ਪਹਿਲਾਂ ਵੀ ਕਈ ਨੌਜਵਾਨ ਪੁਲੀਸ ਅਤੇ ਜਥੇਦਾਰਾਂ ਦੀ ਦਰਿੰਦਗੀ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕਮੇਟੀ ਸੰਘਰਸ਼ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੋਈ ਅਧਿਕਾਰੀ ਪੀੜਤ ਪਰਿਵਾਰ ਨੂੰ ਦਿਲਾਸਾ ਦੇਣ ਲਈ ਵੀ ਨਹੀਂ ਪੁੱਜਿਆ। ਇਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਨੂੰ ਜਮਾਲਪੁਰ ਕਾਂਡ ਦਾ ਕੋਈ ਪਛਤਾਵਾ ਨਹੀਂ ਹੈ। ਇਸ ਮੌਕੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਤੇ ਸਤਪਾਲ ਸਿੰਘ ਵੀ ਮੌਜੂਦ ਸਨ।