ਐਨ ਐਨ ਬੀ
ਅੰਮ੍ਰਿਤਸਰ- ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਅੱਜ ਪੁਰਾਤਨ ਰਵਾਇਤ ਅਨੁਸਾਰ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਨਿਹੰਗ ਸਿੰਘਾਂ ਅਤੇ ਹੋਰ ਸ਼ਰਧਾਲੂਆਂ ਵੱਲੋਂ ਉਤਸ਼ਾਹ ਨਾਲ ਮੁਹੱਲਾ ਕੱਢਿਆ ਗਿਆ। ਇਸ ਵਿੱਚ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਤੋਂ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਜਾਣਕਾਰੀ ਅਨੁਸਾਰ ਨਗਰ ਕੀਰਤਨ ਤੋਂ ਪਹਿਲਾਂ ਸਵੇਰ ਤੋਂ ਹੀ ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਭਾਰੀ ਆਮਦ ਰਹੀ ਹੈ। ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਇਸ਼ਨਾਨ ਕੀਤਾ। ਇਸ ਮੌਕੇ ਗੁਰਦੁਆਰੇ ਵਿੱਚ ਆਦਿ ਗੁਰੂ ਗ੍ਰੰਥ ਸਾਹਿਬ, ਦਸਮ ਗ੍ਰੰਥ ਤੇ ਚੰਡੀ ਪਾਠ ਦੀ ਸਮਾਪਤੀ ਕਰਕੇ ਭੋਗ ਪਾਏ ਗਏ।
ਇਸ ਮੌਕੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਸੰਗਤਾਂ ਨੂੰ ਇਸ ਪੁਰਾਤਨ ਤਿਉਹਾਰ ਦੀ ਵਧਾਈ ਦਿੱਤੀ। ਦੁਪਹਿਰ ਬਾਅਦ ਅਰਦਾਸ ਮਗਰੋਂ ਨਗਰ ਕੀਰਤਨ ਸ਼ੁਰੂ ਹੋਇਆ। ਇਸ ਵਿੱਚ ਗੁਰੂ ਸਾਹਿਬ ਨਾਲ ਸਬੰਧਤ ਘੋੜੇ ਖਿੱਚ ਦਾ ਕੇਂਦਰ ਸਨ। ਇਸ ਮੌਕੇ ਗੱਤਕਾ ਜਥਿਆਂ ਨੇ ਗੱਤਕੇ ਦੇ ਜੌਹਰ ਦਿਖਾਏ। ਸ਼ਰਧਾਲੂਆਂ ਵੱਲੋਂ ਸ਼ਬਦ ਗਾਏ ਗਏ। ਨਗਰ ਕੀਰਤਨ ਵਿੱਚ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਆਗੂ ਸੰਤ ਪ੍ਰੇਮ ਸਿੰਘ, ਬਿਧੀ ਚੰਦ ਸੰਪਰਦਾ ਦੇ ਆਗੂ ਬਾਬਾ ਅਵਤਾਰ ਸਿੰਘ ਸਮੇਤ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਤੀਨਿਧ ਸ਼ਾਮਲ ਹੋਏ। ਨਿਹੰਗ ਸਿੰਘਾਂ ਵੱਲੋਂ ਘੋੜਿਆਂ ’ਤੇ ਸਵਾਰ ਹੋ ਕੇ ਸ਼ਾਸਤਰ ਵਿਦਿਆ ਦਾ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਤਰਨਾ ਦਲ ਦੇ ਕਾਰਕੁਨਾਂ ਨੇ ਸ਼ੰਖਬਾਜ਼ੀ ਦਾ ਪ੍ਰਦਰਸ਼ਨ ਕੀਤਾ ਤੇ ਘੋੜਸਵਾਰੀ ਦੇ ਕਰਤੱਬ ਵੀ ਦਿਖਾਏ।