ਦੁਨੀਆ ਦੀ ਕੋਈ ਤਾਕਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਨਹੀਂ ਸਕੇਗੀ : ਹੁੱਡਾ
ਐਨ ਐਨ ਬੀ
ਕਾਲਾਂਵਾਲੀ – ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਹਰਿਆਣਾ ਵਿੱਚ ਵਿਕਾਸ ਦਾ ਪਹੀਆ ਚਲਦਾ ਰੱਖਣ ਲਈ ਲੋਕਾਂ ਨੂੰ ਤੀਜੀ ਵਾਰ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਉਧਰ, ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਦੁਨੀਆ ਦੀ ਕੋਈ ਤਾਕਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਨਹੀਂ ਸਕੇਗੀ।
ਐਡੀਸ਼ਨਲ ਅਨਾਜ ਮੰਡੀ ਵਿੱਚ ਕਾਲਾਂਵਾਲੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿੱਚ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਵੇਲੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਮੋਦੀ ਦੇ ਸੱਤਾ ਸੰਭਾਲਣ ਨਾਲ ਗੁਆਂਢੀ ਦੇਸ਼ ਚੀਨ ਅਤੇ ਪਾਕਿਸਤਾਨ ਕੰਬ ਜਾਣਗੇ ਪਰ ਵਾਪਰ ਇਸ ਦੇ ਉਲਟ ਰਿਹਾ ਹੈ। ਜਿਸ ਦਿਨ ਪ੍ਰਧਾਨ ਮੰਤਰੀ ਚੀਨ ਦੇ ਰਾਸ਼ਟਰਪਤੀ ਨਾਲ ਗੁਜਰਾਤ ਵਿੱਚ ਝੂਲਾ ਝੂਲ ਰਹੇ ਸਨ, ਉਸ ਸਮੇਂ ਚੀਨੀ ਫੌਜੀ ਕਾਫੀ ਗਿਣਤੀ ’ਚ ਲੱਦਾਖ ਵਿੱਚ ਦਾਖਲ ਹੋ ਗਏ ਸਨ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੇ ਗੋਲੀਬਾਰੀ ਬੰਦ ਕਰ ਦਿੱਤੀ ਹੈ ਪਰ ਪਾਕਿਸਤਾਨ ਨੇ ਮੁੜ ਗੋਲੀਬਾਰੀ ਕੀਤੀ ਹੈ। ਕੀ ਪ੍ਰਧਾਨ ਮੰਤਰੀ ਇਸ ਗੱਲ ਦਾ ਜਵਾਬ ਦੇਣਗੇ? ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਅਮਰੀਕਾ ਦੇ ਉਦਯੋਗਪਤੀਆਂ ਦੇ ਦਬਾਅ ਹੇਠ ਦਵਾਈਆਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ ਜਿਸ ਨਾਲ ਸ਼ੂਗਰ, ਕੈਂਸਰ ਅਤੇ ਦਿਲ ਦੇ ਰੋਗਾਂ ਦੀਆਂ ਦਵਾਈਆਂ ਬਹੁਤ ਜ਼ਿਆਦਾ ਮਹਿੰਗੀਆਂ ਹੋ ਜਾਣਗੀਆਂ। ਇਸ ਤਰ੍ਹਾਂ ਆਮ ਆਦਮੀ ਨੂੰ ਇਲਾਜ ਕਰਵਾਉਣਾ ਔਖਾ ਹੋ ਜਾਵੇਗਾ।
ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਇਨ੍ਹਾਂ ਸਦਕਾ ਹਰਿਆਣਾ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਗਿਆ ਹੈ। ਵਿਰੋਧੀ ਪਾਰਟੀਆਂ ਦਾਅਵੇ ਕਰਦੀਆਂ ਹਨ ਕਿ ਜੇਕਰ ਉਹ ਸੱਤਾ ਵਿੱਚ ਆ ਗਈਆਂ ਤਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਦੇਣਗੀਆਂ, ਪਰ ਦੁਨੀਆਂ ਦੀ ਕੋਈ ਤਾਕਤ ਵੀ ਹਰਿਆਣਾ ਦੀ ਵੱਖਰੀ ਕਮੇਟੀ ਨੂੰ ਤੋੜ ਨਹੀਂ ਸਕਦੀ। ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਕਿ ਪੰਜਾਬ ਦੇ ਅਕਾਲੀ ਆਗੂ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲੈਣ ਲਈ ਫਿਰ ਆ ਗਏ ਹਨ, ਜਦਕਿ ਇਨ੍ਹਾਂ ਨੇ ਪਿਛਲੀ ਵਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਪੰਜਾਬ ਵਿੱਚ ਟੁੱਟਣ ਕਿਨਾਰੇ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਦੇ ਹਰਿਆਣਾ ਦੀ ਧਰਤੀ ’ਤੇ ਜਿੱਥੇ ਨੇਕੀ ਅਤੇ ਬਦੀ ਦੀ ਜੰਗ ਲੜੀ ਗਈ ਸੀ। ਇਸ ਵੇਲੇ ਵੀ ਇੱਕ ਜੰਗ ਚੱਲ ਰਹੀ ਹੈ, ਜਿਸ ਵਿੱਚ ਨੇਕੀ ਵਾਲੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹਨ ਅਤੇ ਬਦੀ ਵਾਲੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਹਨ।