23.4 C
Chandigarh
spot_img
spot_img

Top 5 This Week

Related Posts

ਭਾਜਪਾ ਦੇ ਸਿੱਖ ਮੁੱਦਿਆਂ ਵੱਲ ਰੁਖ਼ ਸਾਹਮਣੇ ਅਕਾਲੀ ਦਲ ਖਾਮੋਸ਼

bhai-gurbaksh-singh-khalsa

ਐਨ ਐਨ ਬੀ

ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਹਰਿਆਣਾ ਵਿੱਚ ਭੁੱਖ ਹੜਤਾਲ ’ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨ ਨੇ ਇਸ ਪਾਰਟੀ ਦੀ ਸਿੱਖ ਮੁੱਦਿਆਂ ’ਤੇ ਧਿਆਨ ਕੇਂਦਰਤ ਕਰਨ ਦੀ ਰਾਜਨੀਤੀ ਦਾ ਪ੍ਰਗਟਾਵਾ ਕਰ ਦਿੱਤਾ ਹੈ, ਜਦੋਂਕਿ ਸ਼੍ਰ੍ਰੋਮਣੀ ਅਕਾਲੀ ਦਲ ਨੇ ਇਸ ਮੁੱਦੇ ’ਤੇ ਚੁੱਪ ਵੱਟੀ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਂ ਗੁਰਬਖ਼ਸ਼ ਸਿੰਘ ਨੂੰ ਪੰਜਾਬ ਦੇ ਕਿਸੇ ਵੀ ਗੁਰਦੁਆਰੇ ਵਿੱਚ ਭੁੱਖ ਹੜਤਾਲ ’ਤੇ ਬੈਠਣ ਦੀ ਇਜਾਜ਼ਤ ਹੀ ਨਹੀਂ ਦਿੱਤੀ। ਇਸ ਸਿੱਖ ਆਗੂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਤੱਕ ਵੀ ਲਗਾਤਾਰ ਪਹੁੰਚ ਕੀਤੀ ਜਾ ਰਹੀ ਹੈ। ਮੰਨਿਆ ਜਾਂਦਾ ਹੈ ਕਿ ਅਕਾਲੀ ਇਸ ਮੁੱਦੇ ’ਤੇ ਅਜੇ ਜਕੋ-ਤਕੀ ਦੇ ਆਲਮ ਵਿੱਚ ਹਨ। ਭਾਜਪਾ ਦੀ ਸੱਤਾ ਵਾਲੇ ਹਰਿਆਣਾ ਸੂਬੇ ਵਿੱਚ ਇਸ ਸਿੱਖ ਆਗੂ ਦਾ ਰੋਸ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ। ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਕਮਲ ਸ਼ਰਮਾ ਭੁੱਖ ਹੜਤਾਲੀ ਸਿੱਖ ਆਗੂ ਨੂੰ ਮਿਲ ਚੁੱਕੇ ਹਨ। ਉਸ ਤੋਂ ਬਾਅਦ ਭਾਜਪਾ ਦੇ ਇਕ ਹੋਰ ਆਗੂ ਸੁਖਮਿੰਦਰ ਗਰੇਵਾਲ ਨੇ ਵੀ ਇਸ ਸਿੱਖ ਆਗੂ ਨਾਲ ਮੁਲਾਕਾਤ ਕੀਤੀ। ਨਵੀਂ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸਿੱਖ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ‘ਸਿੱਖ ਪੱਤਾ’ ਖੇਡਿਆ ਗਿਆ।

ਯਾਦ ਰਹੇ ਕਿ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਕਮਲ ਸ਼ਰਮਾ ਵੱਲੋਂ ਵੀ ਰਾਜੀਵ-ਲੌਂਗੋਵਾਲ ਸਮਝੌਤੇ ਦੀ ਪੈਰਵੀ ਕਰਦਿਆਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਕੀਤੀ ਗਈ ਸੀ। ਇਹ ਗੱਲ ਵੱਖਰੀ ਹੈ ਕਿ ਭਾਜਪਾ ਦੀ ਇਸ ਮੰਗ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਅਕਾਲੀਆਂ ਨੇ ਵੀ ਚੰਡੀਗੜ੍ਹ ਅਤੇ ਪੰਜਾਬ ਦੇ ਬੁਨਿਆਦੀ ਮੁੱਦਿਆਂ ’ਤੇ ਪੁਰਾਣਾ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ। ਅਕਾਲੀ ਦਲ ਵੱਲੋਂ ਪੰਜਾਬ ਅਤੇ ਸਿੱਖ ਮੁੱਦਿਆਂ ’ਤੇ ਭਾਜਪਾ ਦਾ ਰੁਖ਼ ਦੇਖ ਕੇ ਕਦਮ ਪੁੱਟਿਆ ਜਾ ਰਿਹਾ ਹੈ। ਗੁਰਬਖ਼ਸ਼ ਸਿੰਘ ਦੀ ਭੁੱਖ ਹੜਤਾਲ ਦੇ ਮੁੱਦੇ ’ਤੇ ਵੀ ਸਥਿਤੀ ਇਸੇ ਤਰ੍ਹਾਂ ਦੀ ਹੈ। ਗੁਰਬਖ਼ਸ਼ ਸਿੰਘ ਦੀ ਭੁੱਖ ਹੜਤਾਲ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਮੁੱਦੇ ’ਤੇ ਅਕਾਲੀ ਦੁਬਿਧਾ ਵਿੱਚ ਹਨ। ਇਸ ਸਿੱਖ ਆਗੂ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ ਹੈ। ਇਸ ਆਗੂ ਨੇ ਪਿਛਲੇ ਸਾਲ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ ਮਰਨ ਵਰਤ ਸ਼ੁਰੂ ਕਰਕੇ ਪੰਜਾਬ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਸੀ। ਪੰਜਾਬ ਤੇ ਹੋਰਨਾਂ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਪੈਰੋਲ ’ਤੇ ਰਿਹਾਈ ਕਰ ਦਿੱਤੀ ਸੀ। ਬੰਦੀ ਸਿੱਖਾਂ ਦੀ ਪੱਕੀ ਰਿਹਾਈ ਨਾ ਹੋਣ ਕਾਰਨ ਭਾਈ ਗੁਰਬਖ਼ਸ਼ ਸਿੰਘ ਨੇ ਮੁੜ ਸੰਘਰਸ਼ ਆਰੰਭ ਦਿੱਤਾ ਹੈ।

ਸੂਤਰਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿੱਖ ਆਗੂ ਨੂੰ ਪੰਜਾਬ ਦੇ ਕਿਸੇ ਗੁਰਦੁਆਰੇ ਵਿੱਚ ਭੁੱਖ ਹੜਤਾਲ ’ਤੇ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਸੀ, ਕਿਉਂਕਿ ਸੂਬਾ ਸਰਕਾਰ ਨੂੰ ਪੰਜਾਬ ਪੁਲੀਸ ਦੇ ਸੀਆਈਡੀ ਵਿੰਗ ਨੇ ਭੁੱਖ ਹੜਤਾਲ ਕਾਰਨ ਇਸ ਸਿੱਖ ਆਗੂ ਦੀ ਹਾਲਤ ਖ਼ਰਾਬ ਹੋਣ ਦੀ ਚੇਤਾਵਨੀ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਆਗੂ ਨੂੰ ਭਾਈ ਗੁਰਬਖ਼ਸ਼ ਸਿੰਘ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਦਸੰਬਰ ਨੂੰ ਇਹ ਮੁੱਦਾ ਸੰਸਦ ਵਿੱਚ ਉਠਾਇਆ ਜਾਵੇਗਾ।

Popular Articles