ਐਨ ਐਨ ਬੀ
ਨਵੀਂ ਦਿੱਲੀ – ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਹਾਰ ਨੂੰ ਸਵੀਕਾਰ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਹੁਣ ਦੋਵੇਂ ਸੂਬਿਆਂ ਵਿੱਚ ਕਾਂਗਰਸ ਵਿਰੋਧੀ ਧਿਰ ਦੀ ਉਸਾਰੂ ਭੂਮਿਕਾ ਨਿਭਾਏਗੀ ਤੇ ਨਿਗਰਾਨ ਵਾਲਾ ਰੋਸ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੱਤਾ ਤਬਦੀਲੀ ਲਈ ਵੋਟ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿੱਚ 15 ਸਾਲ ਬਾਅਦ ਤੇ ਹਰਿਆਣਾ ਵਿੱਚ 10 ਸਾਲ ਬਾਅਦ ਕਾਂਗਰਸ ਸੱਤਾ ਤੋਂ ਬਾਹਰ ਹੋਈ ਹੈ। ਭਾਜਪਾ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਾਂਗਰਸ ਦੀ ਲੀਡਰਸ਼ਿਪ ਨੇ ਕਿਹਾ ਕਿ ਉਹ ਆਸ ਕਰਦੀ ਹੈ ਕਿ ਦੋਵਾਂ ਸੂਬਿਆਂ ਵਿੱਚ ਭਾਜਪਾ ਸਰਕਾਰ ਬਣਾ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਵੱਲੋਂ ਦਿੱਤਾ ਫਤਵਾ ਸਵੀਕਾਰ ਕਰਦੀ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ ਤੇ ਪਾਰਟੀ ਪ੍ਰਤੀ ਦਿਖਾਈ ਵਫਾਦਾਰੀ ਲਈ ਪ੍ਰਸੰਸਾ ਕੀਤੀ। ਰਾਹੁਲ ਗਾਂਧੀ ਨੇ ਕਾਂਗਰਸ ਦੀ ਹਾਰ ਉਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਉਹ ਭਾਜਪਾ ਨੂੰ ਜਿੱਤ ਲਈ ਵਧਾਈ ਦਿੰਦੇ ਹਨ ਤੇ ਕਾਂਗਰਸ ਲੋਕਾਂ ਦਾ ਮੁੜ ਭਰੋਸਾ ਹਾਸਲ ਕਰਨ ਲਈ ਸਖਤ ਮਿਹਨਤ ਕਰੇਗੀ। ਮਹਾਰਾਸ਼ਟਰ ਚੋਣਾਂ ਵਿੱਚ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਮਾਨਿਕ ਰਾਓ ਠਾਕਰੇ ਨੇ ਅਸਤੀਫਾ ਦੇ ਦਿੱਤਾ ਹੈ। ਹਰਿਆਣਾ ਕਾਂਗਰਸ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਕਿਹਾ ਕਿ ਕਾਂਗਰਸ ਆਸ ਤੋਂ ਹੇਠਾਂ ਰਹੇ ਆਪਣੇ ਪ੍ਰਦਰਸ਼ਨ ਬਾਰੇ ਵਿਚਾਰ ਕਰੇਗੀ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਪ੍ਰਿਥਵੀ ਰਾਜ ਚਵਾਨ ਨੇ ਕਿਹਾ ਕਿ ਪਾਰਟੀ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਹੈ ਪਰ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਮੁਕਾਬਲੇ ਥੋੜ੍ਹਾ ਆਧਾਰ ਵਧਾਇਆ ਹੈ।