ਐਸ.ਏ.ਐਸ.ਨਗਰ: 21 ਅਕਤੂਬਰ
ਪੰਜਾਬ ਪੁਲਿਸ ਦੇ ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਜਿਹਨਾਂ ਨੇ ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾਂ ਅਤੇ ਆਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਪੁਲਿਸ ਮੁੱਖ ਸ. ਇੰਦਰ ਮੋਹਣ ਸਿੰਘ ਭੱਟੀ ਨੇ ਐਸ.ਏ.ਐਸ.ਨਗਰ ਫੇਜ਼-7 ਮਟੌਰ ਥਾਣੇ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਂਟ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ, ਕਰਮਚਾਰੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਡੀ. ਐਸ.ਪੀ. ਸ੍ਰੀ ਆਲਮ ਵਿਜੇ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹੀਦੀ ਯਾਦਗਾਰੀ ਪਰੇਡ ਦਾ ਆਯੋਜਨ ਕੀਤਾ ਅਤੇ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਵੀ ਦਿੱਤੀ।
ਸ੍ਰੀ ਭੱਟੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਲ ਸਮੁੱਚੇ ਦੇਸ਼ ਦੀਆਂ ਵੱਖ-ਵੱਖ ਰਾਜਾਂ ਦੀਆਂ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 650 ਅਫ਼ਸਰਾਂ/ ਜਵਾਨਾਂ ਨੇ ਆਪਣੀ ਡਿਊਟੀ ਨਿਭਾਉਂਦੇ ਦੇਸ ਦੀ ਏਕਤਾ ਅਤੇ ਅੰਖਡਤਾ ਨੂੰ ਕਾਇਮ ਰੱਖਣ ਲਈ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ ਅਤੇ ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਦੇ 204 ਅਧਿਕਾਰੀਆਂ / ਜਵਾਨਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਸ੍ਰੀ ਪੂਨਮਦੀਪ ਕੌਰ ਨੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ । ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ। ਇਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਆਖਿਆ ਕਿ ਜੇਕਰ ਉਨ੍ਹਾ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਸਿੱਧਾ ਜਿਲ੍ਹਾ ਪ੍ਰਸ਼ਾਸਨ ਨਾਲ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ।
ਇਸ ਤੋਂ ਪਹਿਲਾ ਸ੍ਰੀ ਹਰਪਾਲ ਸਿੰਘ ਸੰਧੂ ਐਸ.ਪੀ. (ਹੈੱਡਕੁਆਟਰ ) ਨੇ ਪੰਜਾਬ ਪੁਲਿਸ ਦੇ ਪਿਛਲੇ ਸਮੇਂ ਦੌਰਾਨ ਸ਼ਹੀਦ ਹੋਏ 204 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ ਕੇ ਭਾਵ ਭਿੰਨੀ ਸ਼ਰਧਾਜਲੀ ਭੇਟ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹੀਦਾਂ ਨੂੰ ਰੀਥ ਰੱਖਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਉਪਰੰਤ ਐਸ.ਪੀ. (ਹੈੱਡਕੁਆਟਰ) ਸ੍ਰੀ ਹਰਪਾਲ ਸਿੰਘ ਸੰਧੂ, ਐਸ.ਪੀ. (ਡੀ) ਸ੍ਰੀ ਜੀ. ਐਸ. ਗਰੇਵਾਲ, ਐਸ.ਪੀ.( ਸਿਟੀ-2) ਰਮਿੰਦਰ ਸਿੰਘ, ਐਸ.ਪੀ. (ਟਰੈਫਿਕ) ਸਵਿੰਦਰ ਜੀਤ ਸਿੰਘ ਬੈਂਸ, ਐਸ.ਪੀ (ਇੰਡਸਟ੍ਰੀਅਲ ਏਰੀਆ) ਸ. ਸਰਬਜੀਤ ਸਿੰਘ ਪੰਧੇਰ, ਸਮੇਤ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀਜ਼, ਥਾਣਾ ਮੁੱਖੀਆਂ, ਸਾਬਕਾ ਪੁਲਿਸ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਰੀਥਾਂ ਰੱਖਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।