ਮੀਂਹ ਨਾਲ ਡਿੱਗੇ ਮਕਾਨਾਂ ਦਾ ਮੁਆਵਜ਼ਾ ਦੇਣ ਦਾ ਐਲਾਨ
ਐਨ ਐਨ ਬੀ
ਅੰਮ੍ਰਿਤਸਰ – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਰਹੱਦੀ ਖੇਤਰ ਦੇ ਵਿਕਾਸ ਲਈ ਸਰਕਾਰ ਜਲਦੀ ਹੀ ਬਹੁ-ਪੱਖੀ ਨੀਤੀ ਬਣਾਏਗੀ। ਇਸ ਤੋਂ ਇਲਾਵਾ ਸਰਹੱਦੀ ਪਿੰਡਾਂ ਵਿੱਚ ਵਿਸ਼ੇਸ਼ ਤੌਰ ’ਤੇ ਸੰਗਤ ਦਰਸ਼ਨ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਕਿ ਸਰਬਪੱਖੀ ਵਿਕਾਸ ਦੀ ਗਤੀ ਤੇਜ਼ ਕੀਤੀ ਜਾ ਸਕੇ। ਮੁੱਖ ਮੰਤਰੀ ਹਲਕਾ ਅਟਾਰੀ ਅਤੇ ਰਾਜਾਸਾਂਸੀ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਲਈ ਆਏ ਹੋਏ ਸਨ। ਦੋ ਦਿਨਾਂ ਦੇ ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਵੱਖ ਵੱਖ ਪਿੰਡਾਂ ਵਿੱਚ ਸੰਗਤ ਦਰਸ਼ਨ ਦੌਰਾਨ ਵਿਕਾਸ ਲਈ ਗ੍ਰਾਂਟਾਂ ਵੰਡੀਆਂ ਹਨ। ਉਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮ ’ਤੇ ਜਾਣ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਰੁਮਾਲਾ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਵੀ ਦਿੱਤਾ ਗਿਆ।
ਅਟਾਰੀ ਵਿੱਚ ਪ੍ਰੋਗਰਾਮ ਦੇ ਅਖੀਰਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਉਹ ਸਰਹੱਦੀ ਜ਼ਿਲ੍ਹਿਆਂ ਦੀਆਂ ਮੁਸ਼ਕਲਾਂ ਤੋਂ ਭਲੀ ਭਾਂਤ ਜਾਣੂੰ ਹਨ। ਇਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਬਹੁ-ਪੱਖੀ ਨੀਤੀ ਵੀ ਤਿਆਰ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਭਿੱਟੇਵਿੰਡ, ਕੰਬੋ, ਹੇਰ ਅਤੇ ਨੰਗਲੀ ਆਦਿ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਸਾਫ-ਸੁਥਰੇ ਵਾਤਾਵਰਨ ਲਈ ਸੂਬਾ ਸਰਕਾਰ ਵੱਲੋਂ ਹਰੇਕ ਘਰ ਵਿੱਚ ਪਖਾਨੇ ਦੀ ਉਸਾਰੀ ਲਈ ਇੱਕ ਸਕੀਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਟੀਚੇ ਦੀ ਪੂਰਤੀ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਪ੍ਰੀਕ੍ਰਿਆ ਪੂਰੀ ਕਰਨ ਲਈ ਹਦਾਇਤ ਕੀਤੀ ਹੈ ਅਤੇ ਇਹ ਸਕੀਮ ਅਗਲੇ ਵਿੱਤੀ ਸਾਲ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਖੇਤਰ ਵਿੱਚ ਭਾਰੀ ਮੀਹਾਂ ਨਾਲ ਨੁਕਸਾਨੇ ਗਏ ਮਕਾਨਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਨਵੀਂ ਆਟਾ-ਦਾਲ ਸਕੀਮ ਦੇ ਬਾਕੀ ਰਹਿੰਦੇ ਲਾਭਪਾਤਰੀਆਂ ਦੀ ਸ਼ਨਾਖ਼ਤ ਦਾ ਕੰਮ ਵੀ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਮੁੱਖ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਹਾਜ਼ਰ ਸਨ।