ਸ਼ਬਦੀਸ਼
ਚੰਡੀਗੜ੍ਹ – ਹਰਿਆਣਾ ਵਿੱਚ ਭਾਜਪਾ ਦੀ ਜਿੱਤ ਨਾਲ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਲਈ ਵੱਖਰੀ ਕਮੇਟੀ ਦੇ ਮੁੱਦੇ ‘ਤੇ ਨਵੀਂ ਕਿਸਮ ਦੀ ਚਰਚਾ ਛਿੜ ਗਈ ਹੈ। ਜਿੱਥੇ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਕ ਹਰਿਆਣਾਵੀ ਸਿੱਖਾਂ ਦੇ ਹਿੱਤਾਂ ਨੂੰ ਨੁਕਸਾਨ ਨਾ ਪਹੁੰਚਾਏ ਜਾਣ ਦੀ ਤਵੱਕੋ ਰੱਖਦੇ ਹਨ, ਓਥੇ ਸ਼ੋ੍ਰਮਣੀ ਅਕਾਲੀ ਦਲ ਨੂੰ ਉਮੀਦ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਵੱਖਰੀ ਕਮੇਟੀ ਦਾ ਬਿੱਲ ਨੂੰ ਰੱਦ ਕਰ ਦੇਵੇਗੀ, ਜਿਸਦਾ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਭਾਜਪਾ ਸਰਕਾਰ ਇਨੈਲੋ ਨਾਲ ਗਏ ਅਕਾਲੀ ਦਲ ਦੀ ਗੱਲ ’ਤੇ ਕਿੰਨਾ ਕੁ ਕੰਨ ਧਰੇਗੀ, ਇਹ ਵੀ ਰਹੱਸਮਈ ਸਵਾਲ ਹੈ, ਹਾਲਾਂਕਿ ਕੇਂਦਰ ਸਰਕਾਰ ਨੇ ਵੀ ਉਸ ਬਿਲ ਨੂੰ ਅਣਉਚਿਤ ਕਰਾਰ ਦਿੱਤਾ ਸੀ ਅਤੇ ਮਾਮਲਾ ਹੁਣ ਸੁਪਰੀਮ ਕੋਰਟ ਦੇ ਵਿਚਾਰਅਧੀਨ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਆਖਿਆ ਕਿ ਸੂਬੇ ਵਿੱਚ ਨਵੀਂ ਸਰਕਾਰ ਆਉਣ ਨਾਲ ਕਮੇਟੀ ਸਮਰਥਕਾਂ ਵਿੱਚ ਦੁਚਿੱਤੀ ਵਾਲੀ ਸਥਿਤੀ ਹੈ ਪਰ ਉਨ੍ਹਾਂ ਨੂੰ ਉਮੀਦ ਹੈ ਕਿ ਭਾਜਪਾ ਸਰਕਾਰ ਉਥੋਂ ਦੇ ਸਿੱਖਾਂ ਦੇ ਹਿੱਤਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗੀ, ਕਿਉਂਕਿ ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦਾ ਵਿਰੋਧ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਵਿੱਚ ਭਾਜਪਾ ਖ਼ਿਲਾਫ਼ ਪ੍ਰਚਾਰ ਕੀਤਾ ਸੀ। ਇਸ ਕਾਰਨ ਸੂਬੇ ਦੇ ਭਾਜਪਾ ਆਗੂ ਸ਼੍ਰੋਮਣੀ ਅਕਾਲੀ ਦਲ ਤੋਂ ਖ਼ਫ਼ਾ ਹਨ। ਅਜਿਹੀ ਸਥਿਤੀ ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਦਬਾਅ ਹੇਠ ਸਿੱਖਾਂ ਦੇ ਹਿੱਤਾਂ ਨੂੰ ਨਹੀਂ ਦਬਾਉਣਗੇ। ਉਨ੍ਹਾਂ ਆਖਿਆ ਕਿ ਉਂਜ ਵੀ ਇਹ ਮਾਮਲਾ ਸੁਪਰੀਮ ਕੋਰਟ ਦੇ ਵਿਚਾਰਅਧੀਨ ਹੈ। ਇਸ ਦੀ ਅਗਲੀ ਸੁਣਵਾਈ ਨਵੰਬਰ ਵਿੱਚ ਹੈ।
ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਆਖਿਆ ਕਿ ਹਰਿਆਣਾ ਭਾਜਪਾ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਦੀ ਮੰਗ ਦਾ ਸਮਰਥਨ ਕੀਤਾ ਗਿਆ ਸੀ। ਭਾਜਪਾ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਵੱਖਰੀ ਗੁਰਦੁਆਰਾ ਕਮੇਟੀ ਦੇ ਗਠਨ ਦਾ ਮੁੱਦਾ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵੀ ਭਾਜਪਾ ਦੇ ਸੀਨੀਅਰ ਆਗੂ ਐਮ.ਐਲ. ਖੱਟੜ ਐਲਾਨ ਕਰ ਚੁੱਕੇ ਹਨ ਕਿ ਭਾਜਪਾ ਇਸ ਮਾਮਲੇ ਵਿੱਚ ਸਰਵਉਚ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰੇਗੀ। ਅਜਿਹੀ ਸਥਿਤੀ ਵਿੱਚ ਭਾਜਪਾ ਵੱਲੋਂ ਸਿੱਖਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਪੰਜਾਬ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਪਾਰਟੀ ਨੂੰ ਉਮੀਦ ਹੈ ਕਿ ਨਵੀਂ ਭਾਜਪਾ ਸਰਕਾਰ ਹਰਿਆਣਾ ਵਿੱਚ ਪਿਛਲੀ ਸਰਕਾਰ ਵੱਲੋਂ ਕੀਤੀ ਗਲਤੀ ਨੂੰ ਦਰੁੱਸਤ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਵੱਖਰੀ ਕਮੇਟੀ ਲਈ ਪਾਸ ਕੀਤੇ ਬਿੱਲ ਨੂੰ ਰੱਦ ਕੀਤੇ ਜਾਣ ਦੀ ਉਮੀਦ ਹੈ, ਕਿਉਂਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਪਹਿਲਾਂ ਹੀ ਪਿਛਲੀ ਹਰਿਆਣਾ ਸਰਕਾਰ ਦੀ ਕਾਰਵਾਈ ਨੂੰ ਅਣਉਚਿਤ ਕਰਾਰ ਦੇ ਚੁੱਕੀ ਹੈ। ਉਨ੍ਹਾਂ ਆਖਿਆ ਕਿ ਭਾਵੇਂ ਹਰਿਆਣਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਖ਼ਿਲਾਫ਼ ਚੋਣ ਲੜੀ ਹੈ ਪਰ ਇਹ ਮਾਮਲਾ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ਵਿਚਾਲੇ ਨਹੀਂ ਆਵੇਗਾ।